ਫਿਰਕੂਵਾਦ ਵਿਰੁੱਧ ਖਾਲਿਸਤਾਨ ਦੇ ਹੱਕ ਵਿਚ ਅਵਾਜ਼ ਉਠਾਉਣ ਕਾਰਣ ਟਿੰਮਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
![ਫਿਰਕੂਵਾਦ ਵਿਰੁੱਧ ਖਾਲਿਸਤਾਨ ਦੇ ਹੱਕ ਵਿਚ ਅਵਾਜ਼ ਉਠਾਉਣ ਕਾਰਣ ਟਿੰਮਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ](https://amritsartimes.com/uploads/images/image_750x_668e75b6e6ef8.jpg)
ਜਥੇਦਾਰ ਅਕਾਲ ਤਖਤ ,ਸ੍ਰੋਮਣੀ ਕਮੇਟੀ ,ਬਾਦਲ ਦਲ ਵਲੋਂ ਨਿੰਦਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ-ਬੀਤੇ ਦਿਨੀਂ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵੱਲੋਂ ਖਾਲਿਸਤਾਨ ਦੀ ਮੰਗ ਤਹਿਤ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਦੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਜਥੇਦਾਰ ਅਕਾਲ ਤਖਤ ਸਾਹਿਬ ਨੇ ਨਿੰਦਾ ਕੀਤੀ ਹੈ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਅੰਦਰ ਘੱਟ-ਗਿਣਤੀਆਂ ਤੇ ਸਿੱਖਾਂ ਵਿਚ ਅਤਿ ਦਰਜੇ ਦੀ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਨਜਾਇਜ਼ ਕਾਰਵਾਈ ਕਰਾਰ ਦਿੱਤਾ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੇਸ਼ ਵਿਚ ਲਾਗੂ ਕੀਤੀ ਗਈ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸਭ ਤੋਂ ਪਹਿਲਾ ਦੇਸ਼ ਧਰੋਹ ਦਾ ਮੁਕੱਦਮਾ ਇਕ ਸਿੱਖ ‘ਤੇ ਦਰਜ ਕਰਕੇ, ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਕਰਾਰ ਦੇਣ ਵਾਲੇ ਨੋਟੀਫਿਕੇਸ਼ਨ ਦੀ ਤਰਜ਼ ‘ਤੇ ਇਕ ਵਾਰ ਮੁੜ ਸਿੱਖਾਂ ਨੂੰ ਜ਼ਲਾਲਤ ਦਾ ਅਹਿਸਾਸ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਟਿੰਮਾ ‘ਤੇ ਖਾਲਿਸਤਾਨ ਦੀ ਹਮਾਇਤ ਵਿਚ ਲਿਖਣ/ਬੋਲਣ ਕਾਰਨ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨਾ ਹੀ ਆਪਣੇ ਆਪ ਵਿਚ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਕਿਉਂਕਿ ਦੇਸ਼ ਦਾ ਸੰਵਿਧਾਨ ਹੀ ਹਰੇਕ ਮਨੁੱਖ ਨੂੰ ਜਮਹੂਰੀਅਤ ਦੇ ਦਾਇਰੇ ਵਿਚ ਰਹਿ ਕੇ ਸ਼ਾਂਤਮਈ ਤਰੀਕੇ ਨਾਲ ਆਜ਼ਾਦੀ ਜਾਂ ਵੱਖਰਾ ਰਾਜ ਮੰਗਣ ਦਾ ਹੱਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵੱਖਰਾ ਰਾਜ ਮੰਗਣਾ ਜਾਂ ਉਸ ਦੀ ਹਮਾਇਤ ਕਰਨਾ ਹੀ ਦੇਸ਼ ਧਰੋਹ ਹੈ ਤਾਂ ਫਿਰ ਹਿੰਦੂ ਰਾਸ਼ਟਰ ਦੀ ਮੰਗ ਦੇ ਨਾਂਅ ‘ਤੇ ਫਿਰਕਾਪ੍ਰਸਤੀ ਫੈਲਾਉਣ ਵਾਲਿਆਂ ਵਿਰੁੱਧ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਿਉਂ ਨਹੀਂ ਕੀਤਾ ਜਾਂਦਾ?
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਤੁਰੰਤ ਸਿੱਖਾਂ ਨਾਲ ਦੂਜੇ ਦਰਜੇ ਦੇ ਸ਼ਹਿਰੀਆਂ ਵਾਲਾ ਰਵੱਈਆ ਤਿਆਗ ਕੇ ਤੇਜਿੰਦਰਪਾਲ ਸਿੰਘ ਟਿੰਮਾ ਦੇ ਖ਼ਿਲਾਫ਼ ਦਰਜ ਮੁਕੱਦਮਾ ਰੱਦ ਕਰਨਾ ਚਾਹੀਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੰਗਾਨਗਰ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਦਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਟਿੰਮਾ ਨੇ ਤਾਂ ਸਿਰਫ ਸਿੱਖ ਕੌਮ ਖ਼ਿਲਾਫ਼ ਫਿਰਕੂ ਟਿੱਪਣੀਆਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਸੀ।ਬਾਦਲ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਟਿੰਮਾ ਦੇ ਬਿਆਨ ਵਿੱਚ ਇਕ ਵੀ ਸ਼ਬਦ ਅਜਿਹਾ ਨਹੀਂ, ਜੋ ਕਿਸੇ ਵੀ ਤਰੀਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਵੇ।ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਕੇਸ ਵਾਪਸ ਲੈਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।
ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹਣ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਮਦਦ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਮਿੱਥ ਕੇ ਕੀਤੇ ਜਾਂਦੇ ਵਿਧੀਵਤ ਨਫ਼ਰਤੀ ਪ੍ਰਚਾਰ ਦੀ ਨਿਸ਼ਾਨਦੇਹੀ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਭੇਜੀ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ, ਪਰੰਤੂ ਸਿੱਖਾਂ ਵਿਰੁੱਧ ਇੱਕ ਆਮ ਸ਼ਿਕਾਇਤ ‘ਤੇ ਵੀ ਗੰਭੀਰ ਧਾਰਾਵਾਂ ਦਰਜ ਕਰ ਦਿੱਤੀਆਂ ਜਾਂਦੀਆਂ ਹਨ।
ਇਹ ਦੇਸ਼ ਅੰਦਰ ਸਭ ਧਰਮਾਂ, ਵਰਗਾਂ ਲਈ ਇਕਸਾਰ ਸੁਣਵਾਈ ਵਾਲਾ ਮਾਪਦੰਡ ਨਹੀਂ ਹੈ। ਅਸੀਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੇ ਨਾਲ ਹਾਂ ਅਤੇ ਕਾਨੂੰਨੀ ਲੜਾਈ ਵਿੱਚ ਸਹਿਯੋਗੀ ਰਹਾਂਗੇ।
Comments (0)