ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ’ਤੇ ਨਿਹੰਗਾਂ ਨੇ ਕਬਜ਼ਾ ਕਰਕੇ ਥਾਪਿਆ ਜਥੇਦਾਰ
*ਜਥੇਦਾਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਤੇ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ
* ਸ਼ੋਸ਼ਲ ਮੀਡੀਆ ਉਪਰ ਸਿਖ ਸ੍ਰੋਮਣੀ ਕਮੇਟੀ ਦੇ ਪ੍ਰਬੰਧਾਂ ਤੋਂ ਨਿਰਾਸ਼
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ : ਬੰਦੀ ਛੋੜ ਦਿਵਸ ਮੌਕੇ ਦੀ ਸ਼ਾਮ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਤੋਂ ਬਾਅਦ ਜਦੋਂ ਉਹ ਉਥੋਂ ਚਲੇ ਗਏ ਤਾਂ ਥੋੜ੍ਹੀ ਦੇਰ ਬਾਅਦ ਕੁੱਝ ਨਿਹੰਗ ਸਿੰਘ ਅਚਾਨਕ ਫਸੀਲ ’ਤੇ ਆ ਗਏ ਤੇ ਨਿਹੰਗ ਸਿੰਘ ਵਲੋਂ ਫਸੀਲ 'ਤੇ ਖੜ੍ਹੇ ਹੋ ਕੇ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਣ ਦਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਿਹੰਗ ਸਿੰਘਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਉਥੇ ਤਾਇਨਾਤ ਸੇਵਾਦਾਰਾਂ ਵਲੋਂ ਤੁਰੰਤ ਮਾਈਕ ਬੰਦ ਕਰ ਦਿੱਤਾ ਗਿਆ ਅਤੇ ਸਖ਼ਤ ਮਸ਼ੱਕਤ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਇਤਿਹਾਸਕ ਫਸੀਲ ਤੋਂ ਹੇਠਾਂ ਉਤਾਰਿਆ ਗਿਆ। ਇਹ ਉਹ ਫਸੀਲ ਹੈ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ, ਇਸ ਫ਼ਸੀਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਹੋਰ ਕੋਈ ਵੀ ਸੰਦੇਸ਼ ਜਾਂ ਸੰਬੋਧਨ ਨਹੀਂ ਕਰ ਸਕਦਾ ਹੈ। ਇਸ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਨੇ ਕਿਹਾ ਇਸ ਅਵੱਗਿਆ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਤਾ ਲੱਗਣ ‘ਤੇ ਸਬੰਧਤ ਵਿਅਕਤੀ ਅਤੇ ਜਥੇਬੰਦੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਿੱਥੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਾਸੋਂ ਇਸ ਮਾਮਲੇ ਵਿਚ ਜਾਂਚ ਕਰਵਾਉਣ ਦੇ ਨਾਲ ਨਾਲ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Comments (0)