ਬਾਦਲ ਦਲ ਰਾਜੋਆਣਾ ਦੀ ਰਿਹਾਈ ਲਈ ਸਰਗਰਮ
ਬਲਵੰਤ ਸਿੰਘ ਰਾਜੋਆਣਾ 26 ਸਾਲ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ
ਬੇਅੰਤ ਸਿੰਘ ਕਤਲ ਕੇਸ ਵਿਚ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਯਾਫਤਾ ਕੈਦੀ ਹਨ, ਜੋ ਇਸ ਵੇਲੇ ਪਟਿਆਲਾ ਜੇਲ੍ਹ ਵਿਚ ਬੰਦ ਹਨ।ਬਾਦਲ ਦਲ ਇਸ ਦੀ ਰਿਹਾਈ ਲਈ ਮੋਦੀ ਸਰਕਾਰ ਨੂੰ ਅਪੀਲ ਵੀ ਕਰ ਚੁਕਾ ਹੈ। ਯਾਦ ਰਹੇ ਕਿ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਹੁਕਮ ਦਿੱਤੇ ਸਨ। ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਬਿਨਾਂ ਕਿਸੇ ਨਾਂ ਦਾ ਜ਼ਿਕਰ ਕੀਤੇ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਹੈ। ਜਿਹੜੀ ਸੂਚੀ ਕੇਂਦਰ ਸਰਕਾਰ ਨੇ ਜਾਰੀ ਕੀਤੀ ਸੀ, ਉਸ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਸੀ।
ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਕੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਦੀ ਮੰਗ ਕੀਤੀ ਹੈ।ਸੁਖਬੀਰ ਬਾਦਲ ਦੀ ਦਲੀਲ ਹੈ ਕਿ ਰਾਜੋਆਣਾ ਦੀ ਫਾਂਸੀ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲ ਦਿੱਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ 26 ਸਾਲ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ , ਜੋ ਉਮਰ ਕੈਦ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।ਅਕਾਲੀ ਦਲ ਦੀ ਮੰਗ ਦਾ ਰਵਨੀਤ ਸਿੰਘ ਬਿੱਟੂ ਨੇ ਤੁਰੰਤ ਵਿਰੋਧ ਕੀਤਾ ਅਤੇ ਕਿਹਾ ਕਿ ਬਾਦਲ ਪਰਿਵਾਰ ਉਸ ਦੋਸ਼ੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 17 ਹੋਰ ਵਿਅਕਤੀਆਂ ਨੂੰ ਕਤਲ ਕੀਤਾ ਸੀ।
ਰਵਨੀਤ ਬਿੱਟੂ ਦੇ ਉਲਟ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ ਕਿ ਭਾਈ ਰਾਜੋਆਣਾ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਉਹ 26 ਕੈਦ ਪਹਿਲਾਂ ਹੀ ਕੱਟ ਚੁੱਕੇ ਹਨ।ਯਾਦ ਰਹੇ ਕਿ 31 ਅਗਸਤ 1995 ਦੌਰਾਨ ਭਾਈ ਰਾਜੋਆਣਾ ਦੇ ਅਦਾਲਤ ਵਿਚ ਬਿਆਨ ਮੁਤਾਬਕ ਉਨ੍ਹਾਂ ਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।
1 ਅਗਸਤ 2007 ਦੌਰਾਨਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ।ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ। 28 ਮਾਰਚ 2012 ਦੌਰਾਨ ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ। ਪੂਰੇ ਪੰਜਾਬ ਵਿਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ, ਲੋਕਾਂ ਨੇ ਘਰ-ਘਰ ਕੇਸਰੀ ਝੰਡੀਆਂ ਲਗਾ ਕੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ।ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲਿਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ, 23 ਮਾਰਚ 2012 ਦੌਰਾਨ ਅਕਾਲ ਤਖ਼ਤ ਵਲੋਂ ਭਾਈ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦਾ ਸਨਮਾਨ ਦਿੱਤਾ ਗਿਆ, ਜਿਸ ਨੂੰ ਲੈਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਪਰ ਬਾਅਦ ਵਿਚ 27 ਮਾਰਚ ਨੂੰ ਉਨ੍ਹਾਂ ਨੇ ਇਹ ਦਰਜਾ ਸਵੀਕਾਰ ਕਰ ਲਿਆ।
5਼ ਮਈ 2019 ਦੌਰਾਨ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਮੀਡੀਆ ਸਾਹਮਣੇ ਇੱਕ ਚਿੱਠੀ ਪੇਸ਼ ਕਰਦਿਆਂ ਕਿਹਾ ਕਿ ਸੀ ਇਹ ਚਿੱਠੀ ਬਲਵੰਤ ਸਿੰਘ ਨੇ ਜੇਲ੍ਹ ਵਿੱਚੋਂ ਉਨ੍ਹਾਂ ਰਾਹੀਂ ਭੇਜੀ ਹੈ।ਕਮਲਦੀਪ ਕੌਰ ਮੁਤਾਬਕ ਰਾਜੋਆਣਾ ਨੇ ਕਿਹਾ ਸੀ, ''ਅਕਾਲੀ-ਭਾਜਪਾ ਗਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਸੰਘਰਸ਼ ਤੇ ਕੁਰਬਾਨੀਆਂ ਕੀਤੀਆਂ ਹਨ।ਭਾਜਪਾ ਦੀ ਕੇਂਦਰ ਸਰਕਾਰ ਨੇ 35 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਵੇਂ ਗਿੱਚੀ ਤੋਂ ਫੜ ਕੇ ਜੇਲ੍ਹ ਭੇਜਿਆ ਹੈ, ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਮੱਲ੍ਹਮ ਲੱਗੀ ਹੈ। ਚਿੱਠੀ ਵਿਚ ਅੱਗੇ ਲਿਖਿਆ ਹੈ, ''ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਕੋਸ਼ਿਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।''
Comments (0)