ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਮਿਲੀ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਮਿਲੀ

ਫ਼ਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਚੌਂਕ ਵਿਖੇ ਇਕੱਤਰ ਹੋਈਆਂ ਸਿੱਖ ਸੰਗਤਾਂ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਚਰਨਜੀਤ ਸ਼ਰਮਾ ਨੂੰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਜਨਵਰੀ ਨੂੰ ਬਹਿਬਲ ਗੋਲੀ ਕਾਂਡ ਵਿੱਚ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ ਵਿੱਚ ਪੁਲੀਸ ਨੇ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਦੋਸ਼ੀ ਨਾਮਜ਼ਦ ਕਰ ਲਿਆ ਸੀ। ਚਰਨਜੀਤ ਸ਼ਰਮਾ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਸੰਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਨੇ ਘਟਨਾ ਤੋਂ ਤਿੰਨ ਸਾਲ ਬਾਅਦ ਮੁਕੱਦਮਾ ਦਰਜ ਕੀਤਾ ਹੈ ਅਤੇ ਉਸ ਮੁਕੱਦਮੇ ਵਿੱਚ ਵੀ ਉਨ੍ਹਾਂ ਦਾ ਨਾਂ ਮੁਲਜ਼ਮ ਵਜੋਂ ਨਸ਼ਰ ਨਹੀਂ ਕੀਤਾ ਗਿਆ। 

ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਪੁਲੀਸ ਅੱਠ ਮਹੀਨਿਆਂ ਤੋਂ ਕੋਟਕਪੂਰਾ ਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਹੈ ਪਰ ਅਜੇ ਤੱਕ ਇੱਕ ਵੀ ਭਰੋਸੇਯੋਗ ਗਵਾਹ ਜਾਂ ਸਬੂਤ ਫਾਈਲ ’ਤੇ ਨਹੀਂ ਆਇਆ, ਜਿਸ ਤੋਂ ਇਹ ਸਾਬਿਤ ਹੋਵੇ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਪੁਲੀਸ ਅਫਸਰ ਦੀ ਕੋਈ ਸ਼ਮੂਲੀਅਤ ਸੀ? ਅਦਾਲਤ ਦੇ ਇਸ ਫੈਸਲੇ ਨਾਲ ਚਰਨਜੀਤ ਸ਼ਰਮਾ ਦੀ ਕੋਟਕਪੂਰਾ ਗੋਲੀ ਕਾਂਡ ਵਿੱਚ ਜੇਲ ਵਿੱਚੋਂ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਹਾਲਾਂਕਿ ਬਹਿਬਲ ਗੋਲੀ ਕਾਂਡ ਵਿੱਚ ਉਸ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲੀ। 

ਸਾਬਕਾ ਪੁਲੀਸ ਮੁਖੀ ਦੇ ਬਹਿਬਲ ਕਾਂਡ ਵਿੱਚ ਲੱਗੀ ਜ਼ਮਾਨਤ ਦਾ ਫੈਸਲਾ 9 ਮਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਦਾ ਤਿੱਖਾ ਵਿਰੋਧ ਕੀਤਾ ਸੀ ਅਤੇ ਦੋਸ਼ ਲਾਇਆ ਸੀ ਕਿ ਜੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਸਮੁੱਚੀ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ