1984 ਦੇ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਕਾਰਣ ਦਿੱਲੀ ਗੁਰਦੁਆਰਾ ਕਮੇਟੀ ਬੰਦੀ ਛੋੜ ਦਿਵਸ/ਦੀਵਾਲੀ ’ਤੇ ਗੁਰਦੁਆਰਾ ਸਾਹਿਬਾਨ ਵਿਚ ਨਹੀਂ ਕਰੇਗੀ ਦੀਪਮਾਲਾ

1984 ਦੇ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਕਾਰਣ ਦਿੱਲੀ ਗੁਰਦੁਆਰਾ ਕਮੇਟੀ ਬੰਦੀ ਛੋੜ ਦਿਵਸ/ਦੀਵਾਲੀ ’ਤੇ ਗੁਰਦੁਆਰਾ ਸਾਹਿਬਾਨ ਵਿਚ ਨਹੀਂ ਕਰੇਗੀ ਦੀਪਮਾਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ ਅਸੀਂ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਤੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਹਨਾਂ ਕਿਹਾ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਓਹਾਰ ਇਹਨਾਂ ਦਿਨਾਂ ਵਿਚ ਆ ਗਿਆ ਹੈ। ਉਹਨਾਂ ਕਿਹਾ ਕਿ ਇਸ ਲਈ ਅਸੀਂ ਫੈਸਲਾ ਲਿਆ ਹੈ ਕਿ ਗੁਰਦੁਆਰਾ ਕਮੇਟੀ ਦੇ ਗੁਰੂ ਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ।
ਉਹਨਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਪੋ ਆਪਣੇ ਘਰ ਵਿਚ ਵੀ ਦੀਪਮਾਲਾ ਨਾ ਕਰਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਨਮਨ ਕਰਨਾ ਬਹੁਤ ਜ਼ਰੂਰੀ ਹੈ ਤੇ ਇਸ ਵਾਸਤੇ ਇਹ ਫੈਸਲਾ ਲਿਆ ਗਿਆ ਹੈ।