ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਸੁੱਟਿਆ ਜਾਵੇ: ਦਿੱਲੀ ਗੁਰਦੁਆਰਾ ਕਮੇਟੀ
ਮੁੱਖ ਮੰਤਰੀ ਭਗਵੰਤ ਮਾਨ ਆਪਣਾ ਬਣਦਾ ਫਰਜ਼ ਤੁਰੰਤ ਅਦਾ ਕਰਨ: ਕਾਲਕਾ, ਕਾਹਲੋਂ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 18 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਪ੍ਰੇਮੀ ਤੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮਤਰੇਈ ਧੀ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਬਹੁਤ ਲੰਬੇ ਸਮੇਂ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੁਰ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦਾ ਇਨਸਾਫ ਮੰਗ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਬਿਆਨ ਦਰਜ ਕਰਵਾ ਕੇ ਦੱਸਿਆ ਹੈ ਕਿ ਇਕ ਮੀਟਿੰਗ ਦੌਰਾਨ ਹਨੀਪ੍ਰੀਤ ਨੇ ਸਪਸ਼ਟ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਵੇ ਅਤੇ ਮੌਕੇ ’ਤੇ ਹਾਜ਼ਰ ਡੇਰਾ ਗੁਰਮੀਤ ਰਾਮ ਰਹੀਮ ਨੇ ਵੀ ਹਾਮੀ ਭਰੀ ਸੀ ਕਿ ਹਨੀਪ੍ਰੀਤ ਦੇ ਕਹਿਣ ਮੁਤਾਬਕ ਬੇਅਦਬੀ ਕੀਤੀ ਜਾਵੇ।
ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਜਿਹਨਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਸ਼ਾਮਲ ਹਨ, ਨੇ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਤੇ ਸਭ ਨੇ ਮੋਨ ਧਾਰਿਆ ਹੋਇਆ ਹੈ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਤੁਰੰਤ ਮਾਮਲੇ ਵਿਚ ਕਾਰਵਾਈ ਕਰਦਿਆਂ ਹਨੀਪ੍ਰੀਤ ਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।
Comments (0)