ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋਸ਼ੀਆਂ ਲਈ ਸਜ਼ਾ ਯਕੀਨੀ ਬਣਾਉਣ ਸੰਬੰਧੀ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਅਹਿਮ ਫ਼ੈਸਲਾ : ਕੁਲਦੀਪ ਸਿੰਘ ਭੋਗਲ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 8 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਅਖਿਲ ਭਾਰਤੀ ਦੰਗਾ ਪੀੜ੍ਹਤ ਰਾਹਤ ਕਮੇਟੀ 1984 ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜੱਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ।
ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਮਾਣਯੋਗ ਬੈਂਚ ਵੱਲੋਂ ਅਹਿਮ ਦਿਸ਼ਾ-ਨਿਰਦੇਸ਼ ਦਿੰਦਿਆਂ ਹੁਕਮ ਜਾਰੀ ਕੀਤਾ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਾਇਰ ਚਾਰਜਸ਼ੀਟ ਵਿਚ ਯੂ.ਪੀ ਸਰਕਾਰ ਵਲੋਂ ਇਕ ਤਜਰਬੇਕਾਰ ਵਕੀਲ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਇਸ ਮਾਮਲੇ ਦੀ ਸੁਣਵਾਈ ਅਤੇ ਦੋਸ਼ੀਆਂ ਲਈ ਸਜ਼ਾ ਯਕੀਨੀ ਬਣਾਈ ਜਾ ਸਕੇ।
ਸਰਦਾਰ ਭੋਗਲ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਸਰਕਾਰ ਨੂੰ ਪ੍ਰਯਾਗਰਾਜ ਹਾਈਕੋਰਟ ਵਿੱਚ ਪਹਿਲਾਂ ਖਾਰਜ ਹੋਏ ਚਾਰ ਕੇਸਾਂ ਵਿੱਚ ਕੇਸ ਲੜਨ ਲਈ ਵੀ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ ਹੈ ਅਤੇ ਕਿਹਾ ਹੈ ਦੋ ਹਫ਼ਤਿਆਂ ਦੇ ਅੰਦਰ-ਅੰਦਰ ਅਪੀਲਾਂ ਦਾਇਰ ਕਰਨ ਦੀ ਕਾਰਵਾਈ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨਰ ਕੁਲਦੀਪ ਸਿੰਘ ਭੋਗਲ ਅਤੇ ਉਨ੍ਹਾਂ ਦੇ ਵਕੀਲਾਂ ਸ਼੍ਰੀ ਪ੍ਰਸੂਨ ਕੁਮਾਰ ਅਤੇ ਗੁਰਬਖਸ਼ ਸਿੰਘ ਨੂੰ ਇਸ ਮਾਮਲੇ ਵਿੱਚ ਅਦਾਲਤ ਨੂੰ ਕੋਈ ਬਦਲਵਾਂ ਨਾਂ ਸੁਝਾਉਣ ਅਤੇ ਰਿਪੋਰਟ ’ਤੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਯੁ.ਪੀ ਸਰਕਾਰ ਵੱਲੋਂ ਕੰਪਲਾਇੰਸ ਰਿਪੋਰਟ ਦਰਜ ਕੀਤੀ ਗਈ ਜਿਸ ਵਿਚ 9 ਮਾਮਲਿਆਂ ਵਿਚ ਜਾਂਚ ਨੂੰ ਬੰਦ ਕਰਨ, 11 ਮਾਮਲਿਆਂ ’ਚ ਚਾਰਜਸ਼ੀਟ ਦਾਖਲ ਕਰਨ ਅਤੇ 4 ਮਾਮਲਿਆਂ ਵਿਚ ਅਪੀਲ ਦਰਜ ਕਰਨ ਦੀ ਗੱਲ ਕਹੀ ਹੈ।
ਸਰਦਾਰ ਭੋਗਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਕੇਸ ਦੀ ਕਾਰਵਾਈ ਨੂੰ ਲੈ ਕੇ ਭਰੋਸਾ ਵਧਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਵੀ ਮਾਣਯੋਗ ਸੁਪਰੀਮ ਕੋਰਟ ਵਿੱਚ ਹਾਜ਼ਰ ਸਨ।
Comments (0)