ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ  

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ  

*ਵਿਦੇਸ਼ਾਂ ਵਿਚ ਸਿਖ ਮੋਦੀ ਦਾ ਘਿਰਾਓ ਕਰਨਗੇ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ-ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 20 ਮਹੀਨਿਆਂ ਤੋਂ ਪੰਜਾਬ ਤੇ ਚੰਡੀਗੜ੍ਹ ਦੀ ਹੱਦ ’ਤੇ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚਾ ਨੇ ਪਹਿਲੀ ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਪਾਲ ਸਿੰਘ ਫਰਾਂਸ , ਗੁਰਚਰਨ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਗੁਰਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਬੈਰੋਂਪੁਰ, ਐਡੋਵੇਕਟ ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ ਸਣੇ ਹੋਰ ਆਗੂਆਂ ਨੇ ਕੀਤਾ ਉਨ੍ਹਾਂ ਕਿਹਾ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਨਿਯਮਾਂ ਅਨੁਸਾਰ ਪੈਰੋਲ ਦਿੱਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ ਹੈ, ਜੇ ਕੇਂਦਰ ਸਰਕਾਰ ਨੇ ਕੌਮੀ ਇਨਸਾਫ਼ ਮੋਰਚਾ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੌਰਾਨ ਦੁਨੀਆ ਭਰ ਵਿੱਚ ਸਿੱਖਾਂ ਵੱਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।

ਇਨਸਾਫ਼ ਮੋਰਚੇ ਦੇ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹਿਲੀ ਅਕਤੂਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵੱਡਾ ਜਥਾ ਚੰਡੀਗੜ੍ਹ ਰਵਾਨਾ ਹੋਵੇਗਾ। ਇਸ ਜਥੇ ਵੱਲੋਂ ਮੁੱਖ ਮੰਤਰੀ ਤੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।