ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਗਿਆ ਨਗਰ ਕੀਰਤਨ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਗਿਆ ਨਗਰ ਕੀਰਤਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ):-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਖਾਲਸੇ ਨੂੰ ਵੱਖਰੀ ਪਹਿਚਾਣ ਦਿੱਤੀ, ਜੋ ਹਮੇਸ਼ਾ ਹੀ ਸਰਬੱਤ ਦੇ ਭਲੇ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਨਿਜ ਲਈ ਨਹੀਂ, ਸਗੋਂ ਜੁਲਮ ਦੇ ਖਿਲਾਫ਼ ਲੜਾਈ ਲੜੀ ਅਤੇ ਜਿੱਤ ਦਰਜ ਕੀਤੀ। ਉਨ੍ਹਾਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 16 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਹਰਪ੍ਰੀਤ ਸਿੰਘ, ਬਾਬਾ ਦਰਸ਼ਨ ਸਿੰਘ ਕੁੱਲ੍ਹੀ ਵਾਲੇ, ਬਾਬਾ ਤਰਸੇਮ ਸਿੰਘ, ਸ. ਅਮਰਬੀਰ ਸਿੰਘ ਢੋਟ, ਮੀਤ ਮੈਨੇਜਰ ਸ. ਜਸਬੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।