ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ਵਿਚ ਰੋਕਿਆ
ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ
*ਮੰਤਰੀ ਧਾਲੀਵਾਲ ਨੇ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ
ਅੰਮ੍ਰਿਤਸਰ ਟਾਈਮਜ਼ ਬਿਊਰੋ
ਐੱਸਏਐੱਸ ਨਗਰ (ਮੁਹਾਲੀ)- ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਸਾਲ 7 ਜਨਵਰੀ ਨੂੰ ਸ਼ੁਰੂ ਕੀਤਾ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਬੀਤੇ ਦਿਨੀਂ ਵੱਡੀ ਗਿਣਤੀ ਲੋਕਾਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕੀਤਾ ਅਤੇ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡਿੰਗ ਕਰ ਕੇ ਸਿੱਖਾਂ ਦੇ ਕਾਫ਼ਲੇ ਨੂੰ ਅੱਗੇ ਵਧਣ ਤੋਂ ਰੋਕ ਲਿਆ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੌਕੇ ’ਤੇ ਪਹੁੰਚ ਕੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਪੂਰੀ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਹੁਣ ਸ਼ਰਤੀਆ ਜ਼ਮਾਨਤ ’ਤੇ ਹਨ। ਇੰਜ ਹੀ ਜਲਦੀ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਪੈਰੋਲ (ਛੁੱਟੀ) ਦਿੱਤੀ ਜਾਵੇਗੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਬਾਬਤ ਸੁਪਰੀਮ ਕੋਰਟ ਦੇ ਨੋਟਿਸ ਸਬੰਧੀ ਹਾਂ-ਪੱਖੀ ਰਿਪੋਰਟ ਭੇਜਣਗੇ। ਇਸ ਅਨੁਸਾਰ ਜਥੇਦਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਭੇਜਣ ’ਤੇ ਕੋਈ ਇਤਰਾਜ਼ ਨਹੀਂ ਹੋਵੇਗਾ।
ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੰਜਾਬ ਸਰਕਾਰ ਨੂੰ ਮਹੀਨੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਜਲਦੀ ਹੀ ਵੱਡਾ ਐਕਸ਼ਨ ਉਲੀਕਿਆ ਜਾਵੇਗਾ। ਬੰਦੀ ਸਿੰਘ ਰਿਹਾਈ ਮਾਰਚ ਵਿੱਚ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਸਣੇ ਵੱਖ-ਵੱਖ ਪੰਥਕ ਆਗੂਆਂ ਬਾਪੂ ਤਰਸੇਮ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰੇਸ਼ਮ ਸਿੰਘ ਵਡਾਲੀ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ, ਭਾਈ ਇੰਦਰਵੀਰ ਸਿੰਘ, ਵਕੀਲ ਗੁਰਸ਼ਰਨ ਸਿੰਘ ਧਾਲੀਵਾਲ, ਬਾਪੂ ਗੁਰਚਰਨ ਸਿੰਘ, ਭਾਈ ਕਰਨੈਲ ਸਿੰਘ ਪੰਜੋਲੀ ਆਦਿ ਹਾਜ਼ਰ ਸਨ।
Comments (0)