ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਰਵਿੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।