ਜਿਨਸੀ ਸ਼ੋਸ਼ਣ ਦੇ ਕੇਸ ਵਿਚ ਪੀਟੀਸੀ ਚੈਨਲ ਦੇ ਐਮਡੀ ਨੂੰ ਜੇਲ੍ਹ ਭੇਜਿਆ
*ਅਕਾਲੀ ਦਲ ਨੇ ਲਾਏ 'ਆਪ' ਸਰਕਾਰ 'ਤੇ ਬਦਲਾਖੋਰੀ ਦੇ ਇਲਜ਼ਾਮ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ: ਬਾਦਲ ਪਰਿਵਾਰ ਦੀ ਮਾਲਕੀ ਵਾਲੇ ਪੀਟੀਸੀ ਟੀਵੀ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਯਾਦ ਰਹੇ ਪੀਟੀਸੀ ਚੈਨਲ ਦੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸੋਸ਼ਣ ਕਰਨ ਦੇ ਕੇਸ ਸਬੰਧੀ ਰਬਿੰਦਰ ਨਾਰਾਇਣ ਨੂੰ ਮੁਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਰਬਿੰਦਰ ਨਾਰਾਇਣ ਨੂੰ ਝੂਠੇ ਕੇਸ ਵਿੱਚ ਫਸਾ ਕੇ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਕੀਤਾ ਜਾ ਰਿਹਾ ਹੈ ਤੇ ਆਪ ਪਾਰਟੀ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ।ਅਹਿਮ ਗੱਲ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਤੇ ਉਸ ਦੇ ਪਤੀ ਭੁਪਿੰਦਰ ਸਿੰਘ, ਮਿਸ ਪੰਜਾਬਣ ਮੁਕਾਬਲਾ 2022-23 ਦੀ ਸਹਾਇਕ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਤੇ ਦੋ ਦਰਜਨ ਤੋਂ ਵੱਧ ਮੁਲਜ਼ਮ ਨੈਨਸੀ ਘੁੰਮਣ, ਨਿਹਾਰਿਕਾ ਜੈਨ, ਭੁਪਿੰਦਰ ਸਿੰਘ ਅਤੇ ਲਕਸ਼ਮਣ ਆਦਿ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਵਿਚੋਂ ਬਾਹਰ ਹਨ।
ਜਾਣਕਾਰੀ ਅਨੁਸਾਰ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਦੌਰਾਨ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕੀਤਾ ਗਿਆ ਹੈ ਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਮੁਟਿਆਰ ਦੇ ਪਿਤਾ ਨੇ ਉਸ ਦੀ ਧੀ ਉੱਤੇ ਕਥਿਤ ਗੈਰ ਕਾਨੂੰਨੀ ਕੰਮ ਕਰਨ ਲਈ ਦਬਾਅ ਪਾਉਣ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਸਮੇਤ ਉਸ ਦੀ ਲੜਕੀ ਦੀ ਰਿਹਾਈ ਲਈ 50 ਲੱਖ ਰੁਪਏ ਮੰਗਣ ਦਾ ਕਥਿਤ ਦੋਸ਼ ਲਾਇਆ ਸੀ।ਉਧਰ ਪੁਲਿਸ ਵਲੋਂ ਇਸ ਮਾਮਲੇ 'ਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਸੰਬੰਧੀ ਅਦਾਲਤ ਵਿਚ ਇਕ ਵੱਖਰੀ ਅਰਜ਼ੀ ਦਾਇਰ ਕੀਤੀ ਗਈ । ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਾਕੀ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਵਾਲੀ ਅਰਜ਼ੀ ਨੂੰ ਖਾਰਜ ਕਰਦਿਆਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਲਦ ਬਾਕੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ।
Comments (0)