ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਕੀਰਤਨ ਵਿਚ ਸ਼ਾਮਿਲ ਸਿੰਘਾਂ ਨੇ ਖਾਲਿਸਤਾਨ ਦੇ ਨਾਅਰੇ ਲਗਾਏ
*ਫ਼ਤਹਿਗੜ੍ਹ ਸਾਹਿਬ ਵਿਖੇ ਸਜਾਏ ਨਗਰ ਕੀਰਤਨ ਨਾਲ ਸ਼ਹੀਦੀ ਜੋੜ ਮੇਲਾ ਸਮਾਪਤ
*ਮੁਖ ਮੰਤਰੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ
*ਦੁਸ਼ਮਣ ਤਾਕਤਾਂ ਗੁਰੂ ਗ੍ਰੰਥ ਸਾਹਿਬ ਜੀ 'ਤੇ ਹਮਲਾ ਕਰਕੇ ਸਿੱਖ ਕੌਮ ਨੂੰ ਪੀੜਾ ਦੇਣੀ ਚਾਹੁੰਦੀਆਂ ਨੇ-ਜਥੇਦਾਰ
ਅੰਮ੍ਰਿਤਸਰ ਟਾਈਮਜ਼ ਬਿਉਰੋ
ਫ਼ਤਹਿਗੜ੍ਹ ਸਾਹਿਬ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਲੱਗੀ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ ਦੇ ਆਖ਼ਰੀ ਦਿਨ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸੀ, ਜਦੋਂਕਿ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਨਗਰ ਕੀਰਤਨ ਦੀ ਅਰਦਾਸ ਉਪਰੰਤ ਧਾਰਮਿਕ ਰਵਾਇਤਾਂ ਅਨੁਸਾਰ ਸਾਲਾਨਾ ਸ਼ਹੀਦੀ ਸਭਾ ਸਮਾਪਤ ਹੋ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਯੂਥ ਵਿੰਗ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਨਗਰ ਕੀਰਤਨ ਵਿਚ ਸ਼ਾਮਿਲ ਸਿੰਘਾਂ ਨੇ ਖਾਲਿਸਤਾਨ ਦੇ ਨਾਅਰੇ ਵੀ ਲਗਾਏ। ਸਿੱਖ ਜਥੇਬੰਦੀਆਂ, ਧਾਰਮਿਕ ਸੁਸਾਇਟੀਆਂ, ਸਿੰਘ ਸਭਾਵਾਂ, ਵੱਖ-ਵੱਖ ਸੰਪ੍ਰਦਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਕੀਰਤਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ. ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵਲੋਂ ਬਾਬਾ ਨਾਗਰ ਸਿੰਘ, ਦਮਦਮੀ ਟਕਸਾਲ ਵਲੋਂ ਬਾਬਾ ਸੁਖਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ, ਸਤਿਕਾਰ ਤੇ ਅਕੀਦਤ ਭੇਟ ਕੀਤੀ। ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚਿਆ। ਜਿੱਥੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ, ਜਿਸ ਦੌਰਾਨ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ। ਉਪਰੰਤ ਸ਼ਹੀਦੀ ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ। ਇਸ ਮੌਕੇ ਜਥੇ. ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦੇ ਠਾਠਾਂ ਮਾਰਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਦੁਸ਼ਮਣਾਂ ਨੇ ਹਮੇਸ਼ਾ ਹੀ ਪੀੜਾ ਦਿੱਤੀ ਹੈ, ਕਦੇ ਸਿੱਖਾਂ ਨੂੰ ਆਰਿਆਂ ਨਾਲ ਚੀਰਿਆ, ਦੇਗ਼ਾਂ ਵਿਚ ਉਬਾਲਿਆ, ਕਦੇ ਖੋਪੜੀਆਂ ਲਾਹੀਆਂ ਪਰ ਸਿੱਖ ਕੌਮ ਨੇ ਦਰਦ ਮਹਿਸੂਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਦੁਸ਼ਮਣ ਨੂੰ ਪਤਾ ਹੈ ਕਿ ਸਿੱਖ ਆਪਣੇ ਗੁਰੂ, ਗੁਰ-ਅਸਥਾਨਾਂ ਅਤੇ ਪ੍ਰੰਪਰਾਵਾਂ ਨੂੰ ਜਾਨ ਨਾਲੋਂ ਵੱਧ ਪਿਆਰ ਕਰਦੇ ਹਨ। ਇਸ ਲਈ ਹੁਣ ਦੁਸ਼ਮਣ ਤਾਕਤਾਂ ਸਾਡੇ ਗੁਰੂ-ਘਰਾਂ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਹਮਲਾ ਕਰਕੇ ਸਿੱਖ ਕੌਮ ਨੂੰ ਪੀੜਾ ਦੇਣੀ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮੀਡੀਏ ਦਾ ਇਕ ਹਿੱਸਾ ਵੀ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਿਹਾ ਹੈ। ਸਟੇਜ ਸੰਚਾਲਕ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਪੰਜੋਲੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਦੇ ਸਮੇਂ ਸ਼ਹੀਦ ਹੋਣ ਵਾਲੇ ਹੋਰਨਾਂ ਸ਼ਹੀਦਾਂ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਯਾਦ ਰਹੇ ਕਿ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤੀ ਰੂਪ 'ਚ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਵੱਖ-ਵੱਖ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਖ਼ਾਲਸਾ ਨੇ ਸਮੁੱਚੀਆਂ ਸੰਗਤਾਂ ਵਲੋਂ ਕੈਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ । ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ 1984 ਵਿਚ ਉਸ ਵੇਲੇ ਕੇਂਦਰ ਦੀ ਸੱਤਾ 'ਤੇ ਕਾਬਜ਼ ਕਾਂਗਰਸ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ ਨਾਲ ਢਹਿ ਢੇਰੀ ਕਰ ਦਿੱਤਾ ਗਿਆ ਸੀ, ਜਿਸ ਦੌਰਾਨ ਹਜ਼ਾਰਾਂ ਸ਼ਰਧਾਲੂ ਸ਼ਹੀਦ ਹੋਏ ਅਤੇ ਦਿੱਲੀ ਵਿਚ ਸਿੱਖ ਵਿਰੋਧੀ ਦੰਗਿਆਂ ਤੋਂ ਬਾਅਦ ਸਰਕਾਰਾਂ ਵਲੋਂ ਸਿੰਘਾਂ ਨੂੰ ਵੱਖ-ਵੱਖ ਕੇਸਾਂ ਵਿਿਚ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ ਪਰ ਅਫ਼ਸੋਸ ਦੀ ਗੱਲ ਹੈ ਕਿ ਕਾਨੂੰਨ ਅਨੁਸਾਰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਉਨ੍ਹਾਂ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ, ਜਿਸ ਕਰਕੇ ਗੁਰੂ ਨਾਨਕ ਨਾਮ ਲੇਵਾ ਸਮੁੱਚੀ ਸਿੱਖ ਸੰਗਤਾਂ ਵਲੋਂ ਅੱਜ ਸ਼ਹੀਦੀ ਸਭਾ ਦੇ ਦੂਜੇ ਦੀਵਾਨ ਦੌਰਾਨ ਸੰਗਤੀ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ ਹੈ । ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਆਮ ਮੁਆਫ਼ੀ ਤਹਿਤ ਰਿਹਾਈ ਕਰਵਾਈ ਜਾਵੇ ।
ਮੁੱਖ ਮੰਤਰੀ ਚੰਨੀ ਵਲੋਂ ਬੰਦੀ ਸਿਖਾਂ ਦੀ ਰਿਹਾਈ ਦੇ ਹਕ ਵਿਚ
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਲੱਗੀ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਅਕੀਦਤ ਭੇਟ ਕੀਤੀ ।ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਨ੍ਹਾਂ ਦੋਵਾਂ ਇਤਿਹਾਸਿਕ ਅਸਥਾਨਾਂ ਦਾ ਆਪਸ 'ਵਿਚ ਵੱਡਾ ਰਿਸ਼ਤਾ ਹੈ । ਉਨ੍ਹਾਂ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਐਲਾਨ ਕੀਤਾ ਕਿ ਸਰਹਿੰਦ ਜੀ. ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ 'ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਂਅ ਮਾਤਾ ਗੁਜਰੀ ਜੀ ਮਾਰਗ ਰੱਖਿਆ ਗਿਆ ਹੈ ਅਤੇ ਉਨ੍ਹਾਂ ਇਸ ਨੂੰ ਕੌਮੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ । ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ | ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਸਰਕਾਰ ਨੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਆਪਣੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਜਿਥੇ ਸੰਗਤ ਵਿਚ ਬੈਠ ਕੇ ਲੰਗਰ ਛਕਿਆ, ਉਥੇ ਹੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰ ਵਿਚ ਹੱਥੀਂ ਲੰਗਰ ਵਰਤਾਉਣ ਦੀ ਸੇਵਾ ਵੀ ਨਿਭਾਈ ।
Comments (0)