ਸ਼ਰਧਾਲੂ ਅਤੇ ਸੇਵਾਦਾਰ ਦੀ ਗੱਲਬਾਤ ਨੂੰ ਸੋਸ਼ਲ ਮੀਡੀਆ 'ਤੇ ਨਕਾਰਾਤਮਕ ਢੰਗ ਨਾਲ ਪੇਸ਼ ਨਾ ਕੀਤਾ ਜਾਵੇ: ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਸ਼ਰਧਾਲੂ ਦਾ ਸਤਿਕਾਰ ਕਰਨਾ ਸੇਵਾਦਾਰਾਂ ਦਾ ਮੁੱਖ ਕਰਤੱਵ ਹੈ ਪਰ ਇਸ ਦੇ ਨਾਲ ਹੀ ਮਰਿਯਾਦਾ ਦੀ ਪਾਲਣਾ ਜ਼ਰੂਰੀ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਕ ਕੇ ਮਰਿਯਾਦਾ ਦੀ ਪਾਲਣਾ ਕਰਨ ਲਈ ਕਹੀ ਗਈ ਸੇਵਾਦਾਰ ਨਾਲ ਇਕ ਮਹਿਲਾ ਸ਼ਰਧਾਲੂ ਦੀ ਵਾਇਰਲ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਇੱਕ ਸ਼ਰਧਾਲੂ ਅਤੇ ਸੇਵਾਦਾਰ ਵਿਚਕਾਰ ਹੋਈ ਗੱਲਬਾਤ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਘਟਨਾ ਨੂੰ ਲੈ ਕੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ 'ਤੇ ਮਨਘੜਤ ਅਤੇ ਬੇਬੁਨਿਆਦ ਟਿੱਪਣੀਆਂ ਕਰਨਾ ਠੀਕ ਨਹੀਂ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੇ ਧਰਮਾਂ ਦੇ ਲੋਕਾਂ ਲਈ ਸਰਬ-ਸਾਂਝੀਵਾਲ ਅਸਥਾਨ ਹੈ ਅਤੇ ਇੱਥੇ ਪਹੁੰਚਣ ਵਾਲੇ ਸ਼ਰਧਾਲੂਆਂ ਦਾ ਸਤਿਕਾਰ ਹੁੰਦਾ ਹੈ। ਪਰ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ। ਕਿਸੇ ਵੀ ਘਟਨਾ ਨੂੰ ਲੈ ਕੇ ਕੂੜ ਪ੍ਰਚਾਰ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਇਸ ਤਾਜ਼ਾ ਘਟਨਾ ਵਿੱਚ ਸੇਵਾਦਾਰ ਵੱਲੋਂ ਇੱਕ ਲੜਕੀ ਨੂੰ ਮਰਿਯਾਦਾ ਦਾ ਪਾਲਣ ਕਰਨ ਲਈ ਕਿਹਾ ਗਿਆ।ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਫਿਰ ਵੀ ਕੁਝ ਲੋਕ ਜਾਣਬੁੱਝ ਕੇ ਇਸ ਨੂੰ ਗਲਤ ਦਿਸ਼ਾ ਵੱਲ ਧੱਕ ਰਹੇ ਹਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਤੈਅ ਹੈ, ਜਿਸ ਦੀ ਪਾਲਣਾ ਸੰਗਤ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਜਾਣਬੁੱਝ ਕੇ ਮਰਿਆਦਾ ਦੇ ਵਿਰੁੱਧ ਕੰਮ ਕਰਦੇ ਹਨ, ਜਿਸ ਕਾਰਨ ਚੌਕੀਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਸਮੇਂ ਮਰਿਆਦਾ ਦਾ ਖਿਆਲ ਰੱਖਣ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
Comments (0)