ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 3 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦਾ ਸਥਾਨ ਪੂਰੀ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਈਏ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਹੋਈਏ।
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।