ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੌਦਾ ਸਾਧ ਖਿਲਾਫ ਬੇਅਦਬੀ ਦਾ ਮਾਮਲਾ ਮੁੜ ਚਲੇਗਾ

ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੌਦਾ ਸਾਧ ਖਿਲਾਫ ਬੇਅਦਬੀ ਦਾ ਮਾਮਲਾ ਮੁੜ ਚਲੇਗਾ

3 ਮਾਮਲਿਆਂ ਵਿਚ ਡੇਰਾ ਮੁਖੀ ਖ਼ਿਲਾਫ਼ ਕਾਰਵਾਈ 'ਤੇ ਲੱਗੀ ਰੋਕ ਹਟਾਈ

*ਹਾਈਕੋਰਟ ਦੇ ਫੈਸਲੇ ਨੂੰ ਪਲਟਿਆ,ਨੋਟਿਸ ਜਾਰੀ ਕਰ ਕੇ 4 ਹਫ਼ਤਿਆਂ ਵਿਚ ਮੰਗਿਆ ਜਵਾਬ 

-ਸੁਪਰੀਮ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ । ਸੁਪਰੀਮ ਕੋਰਟ ਨੇ 9 ਸਾਲ ਪੁਰਾਣੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ਦਾ ਹੁਕਮ ਸੁਣਾਇਆ ਹੈ । ਇਹ ਘਟਨਾ ਬਰਗਾੜੀ ਵਿਖੇ ਵਾਪਰੀ ਸੀ । ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਪਲਟ ਦਿੱਤਾ ਹੈ ਤੇ ਡੇਰਾ ਮੁਖੀ ਨੂੰ ਵੀ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ ।ਖ਼ਾਸ ਗੱਲ ਇਹ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੌਦਾ ਸਾਧ ਖ਼ਿਲਾਫ਼ ਕਾਰਵਾਈ 'ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਅੱਜ ਹਟਾ ਦਿੱਤਾ ਹੈ ।ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਬੀ.ਆਰ. ਗਵਈ ਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਆਦੇਸ਼ ਜਾਰੀ ਕੀਤਾ, ਜਿਸ ਤੋਂ ਬਾਅਦ ਹੁਣ ਬੇਅਦਬੀ ਦੇ ਤਿੰਨੇ ਮਾਮਲਿਆਂ ਸੰਬੰਧੀ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ ।

ਦੱਸਣਯੋਗ ਹੈ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਡੇਰਾ ਮੁਖੀ ਪਹਿਲਾਂ ਹੀ ਜੇਲ੍ਹ ਵਿਚ ਹੈ | ਦਰਅਸਲ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਕਾਰਵਾਈ 'ਤੇ ਰੋਕ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ । ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਰਚ ਮਹੀਨੇ ਵਿਚ ਸੌਦਾ ਸਾਧ ਵਿਰੁੱਧ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ । ਪਿਛਲੇ ਸਾਲ ਫਰਵਰੀ ਵਿਚ ਸੁਪਰੀਮ ਕੋਰਟ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿਚ ਸੌਦਾ ਸਾਧ ਤੇ ਡੇਰਾ ਸੱਚਾ ਸੌਦਾ ਦੇ ਸੱਤ ਪੈਰੋਕਾਰਾਂ ਵਿਰੁੱਧ ਚੱਲ ਰਹੇ ਮੁਕੱਦਮੇ ਨੂੰ ਫ਼ਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ।

ਕੀ ਹੈ ਬਰਗਾੜੀ, ਬੇਅਦਬੀ ਕੇਸ ?

1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਈ ਸੀ।25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ ਸੀ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਸੀ ਤੇ ਸਿੱਖ ਸੰਸਥਾਵਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ।

12 ਅਕਤੂਬਰ 2015 ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਖਿਲਰੇ ਹੋਏ ਮਿਲੇ ਸਨ।ਇਹ ਪੱਤਰੇ 1 ਜੂਨ 2015 ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਸਨ।

14 ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ ਵਿਚ ਸਿੱਖ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ ਸੀ। ਇਸ ਦੇ ਨਾਲ ਹੀ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਨੇ ਵੀ ਇਸ ਘਟਨਾ 'ਤੇ ਗੁੱਸਾ ਜ਼ਾਹਰ ਕੀਤਾ ਸੀ। ਕੋਟਕਪੂਰਾ ਵਿਚ ਇਸ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਸਨ। ਇਸ ਕਾਰਨ ਕੋਟਕਪੂਰਾ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਮਾਮਲੇ ਨੇ ਜ਼ੋਰ ਫੜ ਲਿਆ। ਪੰਜਾਬ ਅੰਦਰ ਅੱਗ ਅਤੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ। 

18 ਅਕਤੂਬਰ 2015 ਦੌਰਾਨ ਤਤਕਾਲੀ ਅਕਾਲੀ ਭਾਜਪਾ ਸਰਕਾਰ ਨੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ ਸੀ।

26 ਅਕਤੂਬਰ 2015 ਦੌਰਾਨ ਪੰਜਾਬ ਸਰਕਾਰ ਵੱਲੋਂ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਗਈ ਸੀ।

30 ਜੂਨ 2016 ਦੌਰਾਨ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਵੱਡਾ ਮੁੱਦਾ ਬਣ ਗਿਆ ਸੀ ਅਤੇ ਸਿੱਖ ਕੌਮ ਇਸ ਘਟਨਾ ਨੂੰ ਲੈ ਕੇ ਤਤਕਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਸੀ। ਇਸੇ ਕਾਰਨ 2017 ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕੀ।

14 ਅਪ੍ਰੈਲ 2017 ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਬਿਠਾਇਆ ਸੀ।

30 ਜੂਨ 2017 ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਸੀ।

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਤਤਕਾਲੀ ਪੁਲਿਸ ਡਿਪਟੀ ਇੰਸਪੈਕਟਰ ਜਨਰਲ ਰਣਬੀਰ ਸਿੰਘ ਖਟੜਾ ਦੀ ਅਗਵਾਈ ਹੇਠ ਬਰਗਾੜੀ ਬੇਅਦਬੀ ਮਾਮਲੇ ਵਿੱਚ 7 ਡੇਰਾ ਸਿਰਸਾ ਸਮਰਥਕਾਂ ਨੂੰ ਜੂਨ 2018 ਵਿੱਚ ਗ੍ਰਿਫ਼ਤਾਰ ਕੀਤਾ ਸੀ।ਇਨ੍ਹਾਂ ਵਿੱਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਸਿੰਘ ਬਿੱਟੂ, ਸ਼ਕਤੀ ਸਿੰਘ, ਸੁਖਜਿੰਦਰ ਅਤੇ ਹੋਰ ਡੇਰਾ ਪ੍ਰੇਮੀ ਕਥਿਤ ਤੌਰ ਉੱਤੇ ਸ਼ਾਮਲ ਸਨ।ਬਿੱਟੂ ਨੂੰ ਬਾਅਦ ਵਿੱਚ ਨਾਭਾ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ ਜਦਕਿ ਇੱਕ ਹੋਰ ਮੁਲਜ਼ਮ ਪਰਦੀਪ ਸਿੰਘ ਦਾ ਪਿਛਲੇ ਸਾਲ ਕੋਟਕਪੂਰਾ ਵਿੱਚ ਕਤਲ ਕਰ ਦਿੱਤਾ ਗਿਆ ਸੀ।

28 ਅਗਸਤ 2018 ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਗਈ ਸੀ।

ਇਸ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਮਹਿੰਦਰ ਬਿੱਟੂ ਦਾ ਜੂਨ 2019 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।

10 ਸਤੰਬਰ 2018 ਦੌਰਾਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਮੋਦ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ ਗਈ।

7 ਜੁਲਾਈ 2020 ਨੂੰ ਐਸਆਈਟੀ ਨੇ ਡੇਰਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਪ੍ਰਮੁੱਖ ਸਾਜਿਸ਼ਘਾੜਾ ਘੋਸ਼ਿਤ ਕਰਦਿਆਂ ਨਾਮਜਦ ਕੀਤਾ। ਇਸ ਦੇ ਨਾਲ ਹੀ ਡੇਰਾ ਸੌਦਾ ਦੀ ਰਾਸ਼ਟਰੀ ਸਮਿਤੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਵੀ ਨਾਜਮਦ ਕਰ ਲਿਆ ਗਿਆ ਸੀ।

17 ਮਈ 2021 ਨੂੰ ਐਸਆਈਟੀ ਨੇ ਡੇਰਾ ਸੌਦਾ ਦੇ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਡੇਰਾ ਕਾਰਕੁਨਾਂ ਨੁੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਸੰਨੀ ਕੰਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਸਨ।

10 ਨਵੰਬਰ 20021 ਨੂੰ ਡੇਰਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਮੈਂਬਰ ਪ੍ਰਦੀਪ ਸਿੰਘ ਦੀ ਕੋਟਕਪੂਰਾ ਵਿਖੇ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।

23 ਸਤੰਬਰ 2021 ਨੂੰ ਫ਼ਰੀਦਕੋਟ ਦੀ ਅਦਾਲਤ ਨੇ ਹਰਸ਼ ਧੂਰੀ, ਪ੍ਰਦੀਪ ਕਲੇਰ, ਸੰਦੀਪ ਬਰੇਟਾ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਤੇ ਭਗੌੜਾ ਐਲਾਨ ਦਿੱਤਾ ਸੀ।

 ਬਰਗਾੜੀ ਕਾਂਡ ਦੇ ਇੱਕ ਮੁਲਜ਼ਮ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਫਰਵਰੀ 2024 ਵਿੱਚ ਗ੍ਰਿਫ਼ਤਾਰ ਕੀਤਾ ਸੀ।ਪ੍ਰਦੀਪ ਕਲੇਰ ਨੇ ਬੇਅਦਬੀ ਲਈ ਨਾ ਸਿਰਫ਼ ਡੇਰਾ ਮੁਖੀ ਗੁਰਮੀਤ ਰਹੀਮ ਦਾ ਨਾਂ ਲਿਆ ਸਗੋਂ ਰਾਮ ਰਹੀਮ ਦੀ ਸਹਿਯੋਗੀ ਹਨੀਪ੍ਰੀਤ ਇੰਸਾਂ 'ਤੇ ਵੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਾਇਆ ਸੀ।