ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਇਨਕਲਾਬੀ ਯੋਧੇ ਹੋਏ ਹਨ,
ਜਿਨ੍ਹਾਂ ਨੇ ਸਦੀਆਂ ਤੋਂ ਜਬਰ-ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ-ਮਧੋਲੇ ਹਿੰਦੁਸਤਾਨੀ ਸਮਾਜ ਵਿਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ-ਬਰ-ਤਿਆਰ ਹਥਿਆਰਬੰਦ ਖ਼ਾਲਸਾ-ਪੰਥ ਦੀ ਸਿਰਜਣਾ ਕੀਤੀ। ਉਨ੍ਹਾਂ ਨੇ ਹਿੰਦੁਸਤਾਨੀ ਲੋਕਾਂ ਦੀ ਸੁੱਤੀ ਹੋਈ ਆਤਮਾ ਨੂੰ ਹਲੂਣਿਆ ਅਤੇ ਇੱਜ਼ਤ, ਸਵੈਮਾਣ ਨਾਲ ਜ਼ਿੰਦਗੀ ਜੀਣ ਲਈ ਪ੍ਰੇਰਿਆ:
ਜੇ ਜੀਵੈ ਪਤਿ ਲਥੀ ਜਾਇ॥
ਸਭੁ ਹਰਾਮੁ ਜੇਤਾ ਕਿਛੁ ਖਾਇ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ : 142)
ਗੁਰੂ ਜੀ ਨੂੰ ਇਕ ਪਾਸੇ ਕੱਟੜ ਮੁਗਲ ਹਕੂਮਤ ਅਤੇ ਦੂਜੇ ਪਾਸੇ ਲੋਭੀ, ਕਰਮ-ਕਾਂਡੀ, ਧਾਰਮਿਕ ਪ੍ਰੰਪਰਾਵਾਂ ਦੀ ਧਾਰਨੀ ਜਾਤ-ਪਾਤ, ਵਰਣ-ਵੰਡ ਆਧਾਰਿਤ ਵੰਡੀ ਬ੍ਰਹਾਮਣੀ ਜਮਾਤ ਦੇ ਨਾਲ-ਨਾਲ ਪਹਾੜੀ ਰਾਜਿਆਂ ਦੀ ਈਰਖਾ ਦਾ ਸੰਤਾਪ ਵੀ ਹੰਢਾਉਣਾ ਪਿਆ। ਇਨ੍ਹਾਂ ਸਮਾਜ-ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਗੁਰੂ ਜੀ ਨੂੰ ਜੀਵਨ ਭਰ ਸੰਘਰਸ਼ ਕਰਨਾ ਪਿਆ।
ਗੁਰੂ ਗੋਬਿੰਦ ਸਿੰਘ ਜੀ ਪੋਹ ਸੁਦੀ ਸਤਵੀਂ, 23 ਪੋਹ (22 ਦਸੰਬਰ, 1666) ਨੂੰ ਪਟਨਾ ਸਾਹਿਬ (ਬਿਹਾਰ) ਦੀ ਇਤਿਹਾਸਕ ਧਰਤੀ 'ਤੇ ਗੁਰੂ ਤੇਗ ਬਹਾਦਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਪ੍ਰਗਟ ਹੋਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ-ਉਦੇਸ਼ 'ਸੱਚ' ਧਰਮ ਦੀ ਸਥਾਪਨਾ, ਮਜ਼ਲੂਮਾਂ ਤੇ ਨਿਤਾਣਿਆਂ ਦੀ ਰਾਖੀ ਕਰਨਾ ਅਤੇ ਹਰ ਤਰ੍ਹਾਂ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨਾ ਸੀ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਸਮਾਜ ਦੇ ਪਤਨ ਜਾਂ ਅਧਰਮ ਦੇ ਬੋਲਬਾਲੇ ਦਾ ਮੁੱਖ ਕਾਰਨ ਲੋਕਾਂ ਦੀ ਗੁਲਾਮ ਮਾਨਸਿਕਤਾ ਹੈ। ਉਨ੍ਹਾਂ ਦੁਆਰਾ ਧਰਮ ਯੁੱਧ ਕਰਨ ਦਾ ਮਨੋਰਥ ਲੋਕਾਂ ਨਾਲ ਹੋ ਰਹੇ ਜਬਰ-ਜ਼ੁਲਮ ਤੇ ਧੱਕੇਸ਼ਾਹੀ ਨੂੰ ਰੋਕਣਾ ਸੀ। ਧਰਮ ਦੀ ਸਥਾਪਨਾ, ਨੇਕ-ਜਨਾਂ ਦੀ ਰੱਖਿਆ ਅਤੇ ਦੁਸ਼ਟਾਂ ਦੇ ਨਾਸ਼ ਕਰਨ ਦੇ ਆਪਣੇ ਜੀਵਨ-ਉਦੇਸ਼ ਨੂੰ ਆਪ 'ਬਚਿਤ੍ਰ ਨਾਟਕ' ਵਿਚ ਭਲੀ-ਭਾਂਤ ਸਪੱਸ਼ਟ ਕਰਦੇ ਹਨ:
ਹਮ ਇਹ ਕਾਜ ਜਗਤ ਮੋ ਆਏ॥
ਧਰਮ ਹੇਤ ਗੁਰਦੇਵ ਪਠਾਏ॥
ਜਹਾਂ ਤਹਾਂ ਤੁਮ ਧਰਮ ਬਿਥਾਰੋ॥
ਦੁਸਟ ਦੋਖੀਅਨਿ ਪਕਰਿ ਪਛਾਰੋ॥42॥...
ਯਾਹੀ ਕਾਜ ਧਰਾ ਹਮ ਜਨਮੰ॥
ਸਮਝ ਲੇਹੁ ਸਾਧੂ ਸਭ ਮਨ ਮੰ॥
...ਧਰਮ ਚਲਾਵਨ ਸੰਤ ਉਬਾਰਨ॥
ਦੁਸਟ ਸਭਨ ਕੋ ਮੂਲ ਉਪਾਰਨ॥
ਧਰਮ ਦੀ ਬਹਾਲੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ-ਪਿਤਾ, ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦਿੱਤੀ। ਦਸਮੇਸ਼ ਪਿਤਾ ਜੀ ਨੇ ਅਖੌਤੀ ਧਾਰਮਿਕ ਲੋਕਾਂ ਵੱਲੋਂ ਕੀਤੇ ਜਾ ਰਹੇ ਪਖੰਡਾਂ ਦਾ ਖੂਬ ਪਾਜ ਉਘੇੜਿਆ। ਆਪਣੀ ਬਾਣੀ ਵਿਚ ਉਨ੍ਹਾਂ ਨੇ ਇਨ੍ਹਾਂ ਪਖੰਡਾਂ ਅਤੇ ਕਰਮਕਾਡਾਂ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸੱਚੇ-ਸੁੱਚੇ ਜੀਵਨ ਦੇ ਧਾਰਨੀ ਹੋਣ ਲਈ ਪ੍ਰੇਰਿਆ। ਕਹਿਣ ਤੋਂ ਭਾਵ ਗੁਰੂ ਜੀ ਨੇ ਪ੍ਰਚਲਿਤ ਅਖੌਤੀ ਧਾਰਮਿਕ ਵਿਸ਼ਵਾਸਾਂ ਦਾ ਖੰਡਨ ਬੇਖੌਫ਼ ਹੋ ਕੇ ਕੀਤਾ ਅਤੇ ਲੋਕਾਂ ਨੂੰ 'ਸੱਚ' ਮਾਰਗ ਦੇ ਧਾਰਨੀ ਹੋਣ ਲਈ ਪ੍ਰੇਰਿਆ।
ਅਜੋਕੀ ਦੁਨੀਆ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਸਤਿਕਾਰ ਦੀ ਬਹਾਲੀ ਲਈ ਤਰਲੇ ਲੈ ਰਹੀ ਹੈ। ਪਰ ਧੰਨ ਹਨ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਅੱਜ ਤੋਂ ਸਦੀਆਂ ਪਹਿਲਾਂ ਇਹ ਐਲਾਨ ਕਰ ਦਿੱਤਾ ਸੀ ਕਿ ਸਮੁੱਚੀ ਮਨੁੱਖਤਾ ਵਿਚ ਇਕ ਅਕਾਲ ਪੁਰਖ ਦੀ ਜੋਤਿ ਕੰਮ ਕਰ ਰਹੀ ਹੈ, ਸਾਰੇ ਇਕੋ ਮਿੱਟੀ ਦੇ ਬਣੇ ਹੋਏ ਹਨ, ਇਸ ਲਈ ਹਿੰਦੂ, ਮੁਸਲਮਾਨ, ਜੋਗੀ ਆਦਿ ਫਿਰਕੂ ਵੰਡੀਆਂ ਦੇ ਆਧਾਰ 'ਤੇ ਮਨੁੱਖਤਾ ਨੂੰ ਵੰਡਣਾ ਜਾਇਜ਼ ਨਹੀਂ। ਇਸ ਲਈ ਮਾਨਵਤਾ ਨੂੰ ਇਕ ਇਕਾਈ ਮੰਨਦਿਆਂ ਹੋਇਆਂ ਸਭ ਨੂੰ ਉਸੇ ਦਾ ਸਰੂਪ ਸਮਝਣਾ ਚਾਹੀਦਾ ਹੈ:
ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ
ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ॥
ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ
ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ॥
ਕਰਤਾ ਕਰੀਮ ਸੋਈ ਰਾਜਕ ਰਹੀਮ ਓਈ
ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ॥
ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ
ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ॥15॥85॥
ਸਭ ਤੋਂ ਇਨਕਲਾਬੀ ਗੱਲ ਗੁਰੂ ਸਾਹਿਬ ਨੇ ਇਹ ਕੀਤੀ ਕਿ ਉਨ੍ਹਾਂ ਦੱਬੇ-ਕੁਚਲੇ, ਲਿਤਾੜੇ ਹੋਏ ਲੋਕਾਂ, ਗਰੀਬ ਕਿਰਤੀਆਂ ਤੇ ਨਿਤਾਣਿਆਂ ਨੂੰ ਗਲ ਨਾਲ ਲਾਇਆ। ਸਦੀਆਂ ਤੋਂ ਗੁਲਾਮੀ ਅਤੇ ਜਹਾਲਤ ਦੀ ਜ਼ਿੰਦਗੀ ਜੀਅ ਰਹੇ ਲੋਕਾਂ ਵਿਚ ਅਣਖ ਅਤੇ ਸਵੈਮਾਨ ਦੀ ਭਾਵਨਾ ਨੂੰ ਜਗਾ ਦਿੱਤਾ। ਇਹੀ ਲੋਕ ਗੁਰੂ-ਕਿਰਪਾ ਦੇ ਪਾਤਰ ਬਣ ਕੇ ਖ਼ਾਲਸਾ ਸਜੇ ਅਤੇ ਗੁਰੂ-ਨਜ਼ਰਾਂ ਵਿਚ ਪ੍ਰਵਾਨ ਚੜ੍ਹੇ। ਦੁਨੀਆ ਦੇ ਇਤਿਹਾਸ ਵਿਚ ਇਹ ਇਕ ਵੱਡਾ ਇਨਕਲਾਬ ਮੰਨਿਆ ਜਾਵੇਗਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੈਰੋਕਾਰਾਂ ਨੂੰ ਆਪਣੇ ਬਰਾਬਰ ਗੁਰੂ ਦਾ ਦਰਜਾ ਦਿੱਤਾ। ਦੁਨੀਆ ਦੇ ਕਿਸੇ ਵੀ ਧਾਰਮਿਕ ਰਹਿਬਰ ਨੇ ਆਪਣੇ ਪੈਰੋਕਾਰਾਂ ਨੂੰ ਬਰਾਬਰੀ ਦਾ ਰੁਤਬਾ ਨਹੀਂ ਦਿੱਤਾ। ਪਰ ਦਸਮ-ਪਿਤਾ ਧੰਨ ਹਨ, ਜਿਨ੍ਹਾਂ 'ਖਾਲਸੇ' ਨੂੰ ਆਪਣਾ ਖਾਸ ਰੂਪ ਦੱਸ ਕੇ ਬਰਾਬਰਤਾ ਹੀ ਨਹੀਂ ਦਿੱਤੀ ਬਲਕਿ ਆਪਣਾ ਗੁਰੂ ਵੀ ਸਵੀਕਾਰ ਕੀਤਾ। ਇਹ ਇਕ ਇਤਿਹਾਸਕ ਸੱਚਾਈ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪ੍ਰਗਟ ਕਰ ਕੇ ਗੁਰ ਦੀਖਿਆ ਦਾ ਅਧਿਕਾਰ ਵੀ 'ਗੁਰੂ-ਪੰਥ' ਨੂੰ ਸੌਂਪ ਦਿੱਤਾ। ਆਪ ਖ਼ਾਲਸੇ ਨੂੰ ਆਪਣਾ ਰੂਪ ਅਤੇ 'ਗੁਰੂ' ਸਵੀਕਾਰ ਕਰਦੇ ਹੋਏ ਫੁਰਮਾਉਂਦੇ ਹਨ:
ਖਾਲਸਾ ਮੇਰੋ ਰੂਪ ਹੈ ਖਾਸ।
ਖਾਲਸੇ ਮੈ ਹਉ ਕਰਉ ਨਿਵਾਸ।.....
ਖਾਲਸਾ ਮੇਰੋ ਸਤਿਗੁਰ ਪੂਰਾ।
ਖਾਲਸਾ ਮੇਰੋ ਸਜਣ ਸੂਰਾ।
ਦੁਨੀਆ ਦੇ ਹੋਰਨਾਂ ਧਾਰਮਿਕ ਰਹਿਬਰਾਂ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਆਪ ਨੂੰ ਪਰਮਾਤਮਾ ਨਹੀਂ ਅਖਵਾਇਆ, ਆਪਣਾ ਨਾਮ ਨਹੀਂ ਜਪਾਇਆ ਅਤੇ ਨਾ ਹੀ ਆਪਣੇ ਨਾਮ ਦਾ ਧਰਮ ਚਲਾਇਆ। ਆਪਣੇ-ਆਪ ਨੂੰ ਅਕਾਲ ਪੁਰਖ, ਵਾਹਿਗੁਰੂ ਦਾ ਦਾਸ, ਸੇਵਕ ਦੱਸਦਿਆਂ, ਉਨ੍ਹਾਂ ਬੜੀ ਸਖ਼ਤ ਹਦਾਇਤ ਕੀਤੀ ਕਿ ਮੈਨੂੰ ਪਰਮਾਤਮਾ ਨਹੀਂ ਸਮਝਣਾ:
ਜੋ ਹਮ ਕੋ ਪਰਮੇਸਰ ਉਚਿਰਹੈਂ॥
ਤੇ ਸਭ ਨਰਕ ਕੁੰਡ ਮਹਿ ਪਰਿਹੈਂ॥
ਮੋ ਕੌ ਦਾਸ ਤਵਨ ਕਾ ਜਾਨੋ॥
ਯਾ ਮੈ ਭੇਦ ਨ ਰੰਚ ਪਛਾਨੋ॥32॥ (ਬਚ੍ਰਿਤ ਨਾਟਕ)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੇਵਲ 42 ਸਾਲ ਦੀ ਉਮਰ 'ਚ ਹਕੂਮਤੀ ਜਬਰ-ਜ਼ੁਲਮ ਦੇ ਨਾਲ 14 ਜੰਗਾਂ ਲੜੀਆਂ ਪਰ ਇੰਚ ਭਰ ਵੀ ਜ਼ਮੀਨ 'ਤੇ ਕਬਜ਼ਾ ਨਹੀਂ ਕੀਤਾ। ਇਨ੍ਹਾਂ ਜੰਗਾਂ ਦੌਰਾਨ ਹੀ ਵੱਡੇ ਸਾਹਿਬਜ਼ਾਦੇ, ਛੋਟੇ ਸਾਹਿਬਜ਼ਾਦੇ, ਮਾਤਾ ਗੁਜਰੀ ਜੀ, ਗੁਰੂ-ਪਿਆਰੇ ਗੁਰਸਿੱਖ ਸ਼ਹੀਦ ਹੋਏ। ਚਮਕੌਰ ਦੀ ਜੰਗ ਉਪਰੰਤ ਨੰਗੇ ਪੈਰੀਂ ਮਾਛੀਵਾੜੇ ਦੇ ਜੰਗਲਾਂ 'ਚ ਅਕਾਲ-ਪੁਰਖ ਰੂਪੀ ਮਿੱਤਰ-ਪਿਆਰੇ ਨੂੰ ਹਾਲ ਮੁਰੀਦਾਂ ਦਾ ਸੁਣਾ, ਦੀਨੇ ਕਾਂਗੜ ਦੀ ਧਰਤੀ ਤੋਂ ਸਮੇਂ ਦੇ ਬਾਦਸ਼ਾਹ ਨੂੰ ਜ਼ਫ਼ਰਨਾਮਾ ਲਿਖ ਕੇ ਸਮੇਂ ਦੇ ਸੱਚ ਤੋਂ ਜਾਣੂੰ ਕਰਵਾਇਆ। ਤਖ਼ਤ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਦੀ ਧਰਤ ਸੁਹਾਵੀ 'ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ-ਪਿਤਾ, ਗੁਰੂ ਤੇਗ ਬਹਾਦਰ ਦੀ ਬਾਣੀ ਅੰਕਿਤ ਕਰ ਸੰਪੂਰਨਤਾ ਬਖਸ਼ੀ। ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ 'ਚ ਸੰਸਾਰਿਕ ਯਾਤਰਾ ਸੰਪੂਰਨ ਕਰਨ ਤੋਂ ਪਹਿਲਾਂ ਸ਼ਬਦ ਗੁਰੂ, ਗੁਰੂ ਗ੍ਰੰਥ ਸਾਹਿਬ ਨੂੰ ਹਮੇਸ਼ਾ ਵਾਸਤੇ ਗੁਰਤਾ ਗੱਦੀ 'ਤੇ ਬਿਰਾਜਮਾਨ ਕਰ, ਵਿਅਕਤੀ ਗੁਰੂ ਦੀ ਪਰੰਪਰਾ ਨੂੰ ਸਦਾ ਲਈ ਸਮਾਪਤ ਕਰ, ਗੁਰਸਿੱਖਾਂ ਸੇਵਕਾਂ ਨੂੰ ਹੁਕਮ ਕੀਤਾ:
ਆਗਿਆ ਭਈ ਅਕਾਲ ਕੀ ਤਬੈ ਚਲਾਯੋ ਪੰਥ।
ਸਬ ਸਿੱਖਨ ਕੋ ਹੁਕਮ ਹੈ ਗੁਰੂ ਮਾਨੀਓ ਗ੍ਰੰਥ।
ਸੰਖੇਪ ਵਿਚ ਜੇਕਰ ਦੇਖਿਆ ਜਾਵੇ ਤਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੁੱਚਾ ਜੀਵਨ ਸੰਘਰਸ਼ਮਈ, ਚੜ੍ਹਦੀ ਕਲਾ ਵਾਲਾ, ਇਨਕਲਾਬੀ, ਇਤਿਹਾਸਕ ਕੀਰਤੀਮਾਨ ਸਥਾਪਤ ਕਰਦਿਆਂ ਬਸਰ ਕੀਤਾ। ਇਸ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਇਤਿਹਾਸ ਵਿਚ ਇਕ ਇਨਕਲਾਬੀ ਰਹਿਬਰ ਹੋਏ ਹਨ, ਜਿਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਇਨਕਲਾਬੀ ਤੇ ਇਤਿਹਾਸਕ ਤਬਦੀਲੀ ਲਿਆਂਦੀ।
ਡਾਕਟਰ ਰੂਪ ਸਿੰਘ
Comments (0)